ਸੰਗਰੂਰ (ਸਮਾਜ ਵੀਕਲੀ): ਪੰਜਾਬ ਵਿਧਾਨ ਸਭਾ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਇਤਿਹਾਸਕ ਜਿੱਤ ਤੋਂ ਪਾਰਟੀ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਅਤੇ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ‘ਇਨਕਲਾਬ-ਜਿੰਦਾਬਾਦ’ ਦੇ ਨਾਅਰੇ ਨਾਲ ਭਾਸ਼ਣ ਸ਼ੁਰੂ ਕਰਦਿਆਂ ਪੰਜਾਬ ਅਤੇ ਦੇਸ਼-ਵਿਦੇਸ਼ ’ਚ ਵਸਦੇ ਪੰਜਾਬੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, ‘ਪੰਜਾਬੀਓ ਤੁਸੀਂ ਤਾਂ ਝਾੜੂ ਫੇਰ ਕੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ, ਹੁਣ ਜ਼ਿੰਮੇਵਾਰੀ ਨਿਭਾਉਣ ਦੀ ਵਾਰੀ ਮੇਰੀ ਹੈ।’ ਉਨ੍ਹਾਂ ਕਿਹਾ ਿਕ ਉਹ ਸਹੁੰ ਚੁੱਕਦੇ ਸਾਰ ਹੀ ਬੇਰੁਜ਼ਗਾਰੀ ਖ਼ਤਮ ਕਰਨ ਵੱਲ ਕਦਮ ਪੁੱਟਣਗੇ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਰਲ-ਮਿਲ ਕੇ ਪੰਜਾਬ ਨੂੰ ਪੱਟੜੀ ’ਤੇ ਚੜ੍ਹਾਉਣਗੇ ਅਤੇ ਇੱਕ ਮਹੀਨੇ ਅੰਦਰ ਪੰਜਾਬ ਵਿਚ ਕੁਝ ਫ਼ਰਕ ਨਜ਼ਰ ਆਉਣ ਲੱਗ ਜਾਵੇਗਾ। ਭਗਵੰਤ ਮਾਨ ਬਾਅਦ ਦੁਪਹਿਰ ਇੱਥੇ ਡਰੀਮਲੈਂਡ ਕਲੋਨੀ ’ਚ ਆਪਣੀ ਕੋਠੀ ਦੀ ਛੱਤ ਤੋਂ ਪਾਰਟੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸ੍ਰੀ ਮਾਨ ਦੀ ਮਾਤਾ ਹਰਪਾਲ ਕੌਰ, ਭੈਣ ਮਨਪ੍ਰੀਤ ਕੌਰ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਜਰਨੈਲ ਸਿੰਘ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਉਨ੍ਹਾਂ ਨੂੰ ਬੇਰੁਜ਼ਗਾਰੀ ਦੀ ਚਿੰਤਾ ਹੈ ਤੇ ਪਹਿਲੇ ਦਿਨ ਤੋਂ ਹੀ ਬੇਰੁਜ਼ਗਾਰੀ ਖਤਮ ਕਰਨ ਲਈ ਕੰਮ ਕੀਤਾ ਜਾਵੇਗਾ ਤੇ ਬੇਰੁਜ਼ਗਾਰੀ ਕਾਰਨ ਆਪਣਾ ਭਵਿੱਖ ਧੁੰਦਲਾ ਸਮਝ ਰਹੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਨਹੀਂ ਫਸਣ ਦਿੱਤਾ ਜਾਵੇਗਾ। ਯੂਕਰੇਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਕਿਸੇ ਨੌਜਵਾਨ ਨੂੰ ਵਿਦੇਸ਼ ਜਾਣ ਦੀ ਲੋੜ ਨਹੀਂ ਪਵੇਗੀ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਦਫ਼ਤਰਾਂ ’ਚ ਆਮ ਲੋਕਾਂ ਨੂੰ ਕੰਮਾਂ ਲਈ ਧੱਕੇ ਨਹੀਂ ਖਾਣੇ ਪੈਣਗੇ ਸਗੋਂ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਹੋਣਗੇ। ਸ੍ਰੀ ਮਾਨ ਨੇ ਕਿਹਾ ਕਿ ਪ੍ਰਚਾਰ ਦੌਰਾਨ ਵਿਰੋਧੀ ਪਾਰਟੀਆਂ ਦੇ ਲੀਡਰਾਂ ਨੇ ਉਨ੍ਹਾਂ ਉੱਪਰ ਚਿੱਕੜ ਉਛਾਲਦਿਆਂ ਨਿੱਜੀ ਟਿੱਪਣੀਆਂ ਕੀਤੀਆਂ। ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਖ਼ਿਲਾਫ਼ ਘਟੀਆ ਸ਼ਬਦਾਵਲੀ ਵਰਤੀ ਪਰ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਦੀ ਇੱਕ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਉਹ ਉਨ੍ਹਾਂ ’ਤੇ ਚਿੱਕੜ ਉਛਾਲਣ ਵਾਲੇ ਲੀਡਰਾਂ ਨੂੰ ਮੁਆਫ਼ ਕਰਦੇ ਹਨ ਪਰ ਹੁਣ ਅੱਗੇ ਤੋਂ ਉਨ੍ਹਾਂ ਨੂੰ ਪੌਣੇ ਤਿੰਨ ਕਰੋੜ ਪੰਜਾਬੀਆਂ ਦੀ ਇੱਜ਼ਤ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਤੇ ਕੇਜਰੀਵਾਲ ਨੇ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਵੱਡੇ ਬਾਦਲ, ਸੁਖਬੀਰ, ਕੈਰੋਂ, ਕੈਪਟਨ, ਮਜੀਠੀਆ, ਨਵਜੋਤ ਸਿੱਧੂ ਸਭ ਹਾਰਨਗੇ। ਚਰਨਜੀਤ ਚੰਨੀ ਦੋਵੇਂ ਸੀਟਾਂ ਤੋਂ ਹਾਰ ਗਏ।
ਖਟਕੜ ਕਲਾਂ ’ਚ ਹੋਵੇਗਾ ਹਲਫ਼ਦਾਰੀ ਸਮਾਗਮ
ਭਗਵੰਤ ਮਾਨ ਨੇ ਕਿਹਾ ਿਕ ਪਹਿਲਾਂ ਸਹੁੰ ਚੁੱਕ ਸਮਾਗਮ ਮਹਿਲਾਂ ਅਤੇ ਰਾਜ ਭਵਨਾਂ ਵਿਚ ਹੁੰਦੇ ਸੀ ਪਰ ਉਹ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਜਾ ਕੇ ਸਹੁੰ ਚੁੱਕਣਗੇ ਤੇ ਸ਼ਹੀਦ ਭਗਤ ਸਿੰਘ ਦੇ ਸਮਾਰਕ ’ਤੇ ਮੱਥਾ ਟੇਕ ਆਸ਼ੀਰਵਾਦ ਲੈਣਗੇ। ਸ੍ਰੀ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਰਕਾਰੀ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੀ ਫੋਟੋ ਨਹੀਂ ਲੱਗੇਗੀ ਸਗੋਂ ਦਫ਼ਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੀਆਂ ਤਸਵੀਰਾਂ ਲੱਗਣਗੀਆਂ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly