ਚੰਡੀਗੜ੍ਹ, (ਸਮਾਜ ਵੀਕਲੀ): ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਅਚਾਨਕ ਅਸਤੀਫ਼ਾ ਦੇਣ ਮਗਰੋਂ ਨਵਜੋਤ ਸਿੰਘ ਸਿੱਧੂ ਨੇ ਅੱਜ ਟਵੀਟ ਕਰਕੇ ਕਿਹਾ ਹੈ ਕਿ ਉਸ ਕੋਲ ਕੋਈ ਅਹੁਦਾ ਹੋਵੇ ਜਾਂ ਨਹੀਂ, ਉਹ ਰਾਹੁਲ ਅਤੇ ਪ੍ਰਿਯੰਕਾ ਗਾਂਧੀ ਨਾਲ ਡਟ ਕੇ ਖੜ੍ਹਾ ਰਹੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅਹੁਦਾ ਸੰਭਾਲਣ ਮਗਰੋਂ ਕੀਤੀਆਂ ਗਈਆਂ ਕੁਝ ਨਿਯੁਕਤੀਆਂ ਤੋਂ ਨਾਰਾਜ਼ ਸਿੱਧੂ ਨੇ ਪ੍ਰਦੇਸ਼ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਉਸ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ ਜਾਂ ਨਹੀਂ।
ਸਿੱਧੂ ਨੇ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਮੌਕੇ ਆਪਣੇ ਟਵਿੱਟਰ ਹੈਂਡਲ ’ਤੇ ਲਿਖਿਆ,‘‘ਗਾਂਧੀ ਜੀ ਅਤੇ ਸ਼ਾਸਤਰੀ ਜੀ ਦੇ ਸਿਧਾਂਤਾਂ ਨੂੰ ਕਾਇਮ ਰੱਖਾਂਗਾ। ਕੋਈ ਅਹੁਦਾ ਹੋਵੇ ਜਾਂ ਨਾ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਹਮੇਸ਼ਾ ਖੜ੍ਹਾ ਰਹਾਂਗਾ। ਸਾਰੀਆਂ ਨਕਾਰਾਤਮਕ ਤਾਕਤਾਂ ਮੈਨੂੰ ਹਰਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਪਰ ਸਕਾਰਾਤਮਕ ਊਰਜਾ ਨਾਲ ਪੰਜਾਬ ਜਿੱਤੇਗਾ, ਪੰਜਾਬੀਅਤ ਜਿੱਤੇਗੀ ਅਤੇ ਹਰੇਕ ਪੰਜਾਬੀ ਜਿੱਤੇਗਾ।’’
ਕ੍ਰਿਕਟਰ ਤੋਂ ਸਿਆਸਤਦਾਨ ਬਣੇ ਸਿੱਧੂ ਨੇ ਆਪਣੇ ਟਵੀਟ ’ਚ ਮਹਾਤਮਾ ਗਾਂਧੀ ਅਤੇ ਸ਼ਾਸਤਰੀ ਦੀਆਂ ਤਸਵੀਰਾਂ ਵੀ ਪੋਸਟ ਕੀਤੀਆਂ ਹਨ। ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਧੂ ਵਿਚਕਾਰ ਖਿੱਚੋਤਾਣ ਮਗਰੋਂ ਕਾਂਗਰਸ ਨੇ ਕੈਪਟਨ ਨੂੰ ਹਟਾ ਕੇ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਸੀ। ਉਂਜ ਕੈਪਟਨ ਨੇ ਅਹਿਦ ਲਿਆ ਹੈ ਕਿ ਜੇਕਰ ਸਿੱਧੂ ਵਿਧਾਨ ਸਭਾ ਚੋਣਾਂ ਲੜਦਾ ਹੈ ਤਾਂ ਉਹ ਉਸ ਨੂੰ ਹਰਾਉਣ ਦੇ ਯਤਨ ਕਰਨਗੇ। ਉਨ੍ਹਾਂ ਰਾਹੁਲ ਅਤੇ ਪ੍ਰਿਯੰਕਾ ਨੂੰ ਗ਼ੈਰਤਜਰਬੇਕਾਰ ਦੱਸਦਿਆਂ ਬਾਅਦ ’ਚ ਐਲਾਨ ਕੀਤਾ ਸੀ ਕਿ ਉਹ ਕਾਂਗਰਸ ਪਾਰਟੀ ਛੱਡ ਦੇਣਗੇ।
ਸਿੱਧੂ ਵੱਲੋਂ ਪ੍ਰਧਾਨਗੀ ਅਹੁਦੇ ਤੋਂ ਅਚਾਨਕ ਅਸਤੀਫ਼ਾ ਦੇਣ ਦੇ ਐਲਾਨ ਮਗਰੋਂ ਪਾਰਟੀ ’ਚ ਹੰਗਾਮਾ ਮਚ ਗਿਆ ਸੀ। ਇਸ ਮਗਰੋਂ ਮੁੱਖ ਮੰਤਰੀ ਚੰਨੀ ਅਤੇ ਸਿੱਧੂ ਦੀ ਮੁਲਾਕਾਤ ਦੌਰਾਨ ਤਾਲਮੇਲ ਕਮੇਟੀ ਬਣਾਉਣ ’ਤੇ ਸਹਿਮਤੀ ਬਣੀ ਜੋ ਅਹਿਮ ਫ਼ੈਸਲੇ ਲਵੇਗੀ। ਸਿੱਧੂ ਵੀ ਇਸ ਕਮੇਟੀ ਦਾ ਹਿੱਸਾ ਹੋਣਗੇ। ਕਾਂਗਰਸ ਪ੍ਰਧਾਨ ਪਹਿਲਾਂ ਹੀ ਵਿਵਾਦਾਂ ’ਚ ਆ ਗਏ ਸਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਨ੍ਹਾਂ ’ਤੇ ਇਤਬਾਰ ਨਹੀਂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਸੀ ਕਿ ਸਿੱਧੂ ਦੇ ਪਾਕਿਸਤਾਨੀ ਪ੍ਰਧਾਨ ਮੰਤਰੀ ਅਤੇ ਫੌਜ ਮੁਖੀ ਨਾਲ ਸਬੰਧ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly