ਨਕਲੀ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਹੋਈ: ਦੂਲੋ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਚੰਨੀ ਸਰਕਾਰ ’ਤੇ ਹੱਲਾ ਬੋਲਦਿਆਂ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਦੀ ਪਿੱਠ ’ਤੇ ਆ ਗਏ ਹਨ। ਉਨ੍ਹਾਂ ਪੰਜਾਬ ਵਿਚ ਮਾਫ਼ੀਆ ਰਾਜ ਹੋਣ ਦੀ ਗੱਲ ਕਰਦਿਆਂ ਕਿਹਾ ਕਿ ਜੇਕਰ ਬਿਕਰਮ ਸਿੰਘ ਮਜੀਠੀਆ ’ਤੇ ਕੇਸ ਦਰਜ ਹੋ ਸਕਦਾ ਹੈ ਤਾਂ ਸੂਬੇ ’ਚ ਨਕਲੀ ਸ਼ਰਾਬ ਵੇਚਣ ਵਾਲੇ ਮਾਫ਼ੀਆ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਹੋ ਰਹੀ ਹੈ। ਰਾਜ ਸਭਾ ਮੈਂਬਰ ਨੇ ਚੰਨੀ ਸਰਕਾਰ ਦੀ 100 ਦਿਨਾਂ ਦੀ ਕਾਰਗੁਜ਼ਾਰੀ ’ਤੇ ਉਂਗਲ ਉਠਾਈ ਅਤੇ ਕਿਹਾ ਕਿ ਸਰਕਾਰ ਨੇ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਹੈ।

ਉਨ੍ਹਾਂ ਕਿਹਾ ਕਿ ਕੋਵਿਡ ਸਮੇਂ ਦੌਰਾਨ ਨਕਲੀ ਸ਼ਰਾਬ ਦੀਆਂ 12 ਫ਼ੈਕਟਰੀਆਂ ਫੜੀਆਂ ਗਈਆਂ ਅਤੇ ਸੈਂਕੜੇ ਲੋਕ ਨਕਲੀ ਸ਼ਰਾਬ ਕਾਰਨ ਮਾਰੇ ਗਏ ਪਰ ਮੌਜੂਦਾ ਸਰਕਾਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰਨ ਲਈ ਚੁੱਪ ਕਿਉਂ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵੀ ਸ਼ਰਾਬ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਸੀ। ਚੇਤੇ ਰਹੇ ਕਿ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਕੁੱਝ ਦਿਨ ਪਹਿਲਾਂ ਸਾਬਕਾ ਪ੍ਰਧਾਨ ਦੂਲੋ ਦੇ ਘਰ ਗਏ ਸਨ। ਸ੍ਰੀ ਦੂਲੋ ਨੇ ਕਿਹਾ ਕਿ ਨਵਜੋਤ ਸਿੱਧੂ ਪੰਜਾਬ ਦੇ ਮਾਫ਼ੀਏ ਖ਼ਿਲਾਫ਼ ਖੁੱਲ੍ਹ ਕੇ ਬੋਲ ਰਹੇ ਹਨ ਪ੍ਰੰਤੂ ਸਿੱਧੂ ਦੀ ਸਰਕਾਰ ਵਿਚ ਕੋਈ ਸੁਣਵਾਈ ਨਹੀਂ ਹੈ ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ਦਾਲ ਵਿਚ ਕੁੱਝ ਕਾਲਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਵਿਧਾਇਕ ਮਾਫ਼ੀਏ ਦੀ ਪਿੱਠ ’ਤੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀ ਵੀ ਤਸਕਰਾਂ ਨਾਲ ਮਿਲੀਭੁਗਤ ਹੈ ਜਿਸ ਕਰਕੇ ਨਕਲੀ ਸ਼ਰਾਬ ਦੀਆਂ ਫ਼ੈਕਟਰੀਆਂ ਦੇ ਮਾਲਕਾਂ ਦੀ ਅੱਜ ਤੱਕ ਸ਼ਨਾਖ਼ਤ ਨਹੀਂ ਹੋ ਸਕੀ ਹੈ।

ਉਨ੍ਹਾਂ ਕਿਹਾ ਕਿ ਆਉਂਦੀਆਂ ਚੋਣਾਂ ’ਚ ਮਾਫ਼ੀਆ ਨਾਲ ਜੁੜੇ ਲੋਕਾਂ ਨੂੰ ਟਿਕਟ ਨਹੀਂ ਮਿਲਣੀ ਚਾਹੀਦੀ ਹੈ। ਉਨ੍ਹਾਂ ਇਸ ਬਾਰੇ ਹਾਈਕਮਾਨ ਨਾਲ ਵੀ ਗੱਲਬਾਤ ਕੀਤੀ ਹੈ। ਦੂਲੋ ਨੇ ਚੰਨੀ ਸਰਕਾਰ ’ਤੇ ਸਿਆਸੀ ਹਮਲਾ ਬੋਲ ਕੇ ਹਾਈਕਮਾਨ ਲਈ ਇੱਕ ਹੋਰ ਮੁਸੀਬਤ ਖੜ੍ਹੀ ਕਰ ਦਿੱਤੀ ਹੈ। ਐਤਵਾਰ ਨੂੰ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਚੰਨੀ ਦਰਮਿਆਨ ਸੁਰ ਮਿਲਣ ਲੱਗੇ ਸਨ। ਜਾਣਕਾਰੀ ਮੁਤਾਬਕ ਕਾਂਗਰਸ ਹਾਈਕਮਾਨ ਨੇ ਆਪਣੇ ਏਲਚੀ ਨਵਜੋਤ ਸਿੱਧੂ ਨੂੰ ਸਮਝਾਉਣ ਲਈ ਭੇਜੇ ਸਨ ਕਿ ਚੋਣਾਂ ਕਰਕੇ ਹੁਣ ਉਹ ਸਰਕਾਰ ਖ਼ਿਲਾਫ਼ ਬੋਲਣ ਤੋਂ ਗੁਰੇਜ਼ ਕਰਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਲਿਕ ਦੀ ਬੇਵਫ਼ਾਈ ਦੀ ਤਸਦੀਕ ਕਰ ਸਕਦੇ ਹਨ ਕਸ਼ਮੀਰ ਦੇ ਲੋਕ: ਉਮਰ
Next articleਪਟਿਆਲਾ: ਭਾਖੜਾ ’ਚ ਕਾਰ ਡਿੱਗਣ ਕਾਰਨ ਪਰਿਵਾਰ ਦੇ ਪੰਜ ਮੈਂਬਰ ਡੁੱਬੇ