ਕੇਜਰੀਵਾਲ ’ਤੇ ਮਾਣਹਾਨੀ ਦਾ ਕੇਸ ਕਰਾਂਗੇ: ਚੰਨੀ

ਚਮਕੌਰ ਸਾਹਿਬ (ਸਮਾਜ ਵੀਕਲੀ):  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਧਾਰਮਿਕ ਸਮਾਗਮ ਕਰਵਾਇਆ ਅਤੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਚ ਮੱਥਾ ਵੀ ਟੇਕਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਬੇਈਮਾਨ ਆਦਮੀ ਕਿਹਾ ਹੈ। ਸੋਸ਼ਲ ਮੀਡੀਆ ਤੇ ਨੋਟਾਂ ਨਾਲ ਉਨ੍ਹਾਂ ਦੀ ਫੋਟੋ ਲਗਾ ਕੇ ਜਿੱਥੇ ਉਨ੍ਹਾਂ ਨੂੰ ਬਦਨਾਮ ਕੀਤਾ ਉੱਥੇ ਨਾਲ ਹੀ ਉਨ੍ਹਾਂ ਦਾ ਮਖੌਲ ਵੀ ਉਡਾਇਆ ਜਾ ਰਿਹਾ ਹੈ। ਸ੍ਰੀ ਚੰਨੀ ਨੇ ਕਿਹਾ ਕਿ ਈਡੀ ਵਲੋਂ ਬਰਾਮਦ ਕੀਤੀ ਰਕਮ ਨਾਲ ਉਨ੍ਹਾਂ ਦਾ ਕੋਈ ਲੈਣ-ਦੇਣ ਨਹੀਂ ਹੈ ਅਤੇ ਨਾ ਹੀ ਰਕਮ ਉਨ੍ਹਾਂ ਦੇ ਘਰੋਂ ਮਿਲੀ ਹੈ। ਸ੍ਰੀ ਚੰਨੀ ਨੇ ਕਿਹਾ ਕਿ ਉਨ੍ਹਾਂ ਕਾਂਗਰਸ ਪਾਰਟੀ ਤੋਂ ਪ੍ਰਵਾਨਗੀ ਮੰਗੀ ਹੈ ਤੇ ਉਹ ਅਰਵਿੰਦ ਕੇਜਰੀਵਾਲ ’ਤੇ ਮਾਣਹਾਨੀ ਦਾ ਕੇਸ ਦਰਜ ਕਰਵਾਉਣਗੇ।

ਉਨ੍ਹਾਂ ਕਿਹਾ ਕਿ ਇਕ ਵਾਰ ਪ੍ਰਵਾਨਗੀ ਮਿਲਣ ਉਤੇ ਕੇਸ ਜ਼ਰੂਰ ਦਰਜ ਕਰਵਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਕੇਜਰੀਵਾਲ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਭਾਜਪਾ ਦੇ ਮਰਹੂਮ ਆਗੂ ਅਰੁਣ ਜੇਤਲੀ ਤੋਂ ਵੀ ਮੁਆਫ਼ੀ ਮੰਗ ਚੁੱਕੇ ਹਨ। ਆਮ ਆਦਮੀ ਪਾਰਟੀ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਣ ’ਤੇ ਪ੍ਰਤੀਕਰਮ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਟੇਜ ਤੇ ਸਟੇਟ ਚਲਾਉਣ ਵਿੱਚ ਬਹੁਤ ਫ਼ਰਕ ਹੈ।

ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਸਹੁੰ ਖਾ ਕੇ ਮੁੱਕਰ ਗਿਆ ਹੁਣ ਉਹ ਹੋਰ ਕਿਹੜੀਆਂ ਗਾਰੰਟੀਆਂ ਪੰਜਾਬ ਦੇ ਲੋਕਾਂ ਨੂੰ ਦੇ ਰਿਹਾ ਹੈ। ਇਸ ਮੌਕੇ ਅਲਕਾ ਲਾਂਬਾ, ਮਾਰਕੀਟ ਕਮੇਟੀ ਦੇ ਚੇਅਰਮੈਨ ਕਰਨੈਲ ਸਿੰਘ, ਵਾਈਸ ਚੇਅਰਮੈਨ ਤਰਲੋਚਨ ਸਿੰਘ ਭੰਗੂ, ਨਗਰ ਪੰਚਾਇਤ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਤੇ ਹੋਰ ਹਾਜ਼ਰ ਸਨ।

‘ਈਡੀ ਵੱਲੋਂ ਫੜੀ ਰਕਮ ਨਾਲ ਸਾਡੇ ਪਰਿਵਾਰ ਦਾ ਕੋਈ ਸਬੰਧ ਨਹੀਂ’

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਪੱਸ਼ਟ ਕੀਤਾ ਕਿ ਈਡੀ ਵੱਲੋਂ ਫੜੀ ਗਈ ਰਕਮ ਨਾਲ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਕਿਸੇ ਵੀ ਪਰਿਵਾਰਕ ਮੈਂਬਰ ਦਾ ਕੋਈ ਵੀ ਸਬੰਧ ਨਹੀਂ ਹੈ। ਸ੍ਰੀ ਚੰਨੀ ਨੇ ਇਹ ਵੀ ਦੱਸਿਆ ਕਿ ਮੁਹਾਲੀ ਦੇ ਜਿਸ ਫਲੈਟ ਵਿੱਚੋਂ ਇਹ ਰਕਮ ਫੜੀ ਗਈ ਹੈ, ਉਹ ਫਲੈਟ ਵੀ ਉਨ੍ਹਾਂ ਦੇ ਰਿਸ਼ਤੇਦਾਰ ਦਾ ਨਹੀਂ ਹੈ, ਪਰ ਵਿਰੋਧੀ ਪਾਰਟੀਆਂ ਖਾਸ ਕਰ ਕੇਜਰੀਵਾਲ ਉਨ੍ਹਾਂ ਨੂੰ ਜਾਣਬੁੱਝ ਕੇ ਬਦਨਾਮ ਕਰ ਰਹੇ ਹਨ ਜਿਸ ਨੂੰ ਪੰਜਾਬ ਦੇ ਸੂਝਵਾਨ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚਮਕੌਰ ਸਾਹਿਬ ਤੋਂ ਹਾਰ ਰਹੇ ਨੇ ਚੰਨੀ: ਕੇਜਰੀਵਾਲ
Next articleEuropean Union opens Embassy in Kabul