ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਨਹੀਂ ਹੋਣ ਦਿਆਂਗੇ: ਸੁਖਬੀਰ ਬਾਦਲ

ਤਲਵੰਡੀ ਸਾਬੋ (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਵਿਸਾਖੀ ਮੇਲੇ ਮੌਕੇ ਕਰਵਾਈ ਗਈ ਸਿਆਸੀ ਕਾਨਫਰੰਸ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਥ ਵਿਰੋਧੀ ਤਾਕਤਾਂ ਤੋਂ ਬਚਾਉਣ ਦਾ ਸੱਦਾ ਦਿੱਤਾ ਗਿਆ। ਸਥਾਨਕ ਬਾਬਾ ਡੱਲ ਸਿੰਘ ਦੀਵਾਨ ਹਾਲ ਵਿੱਚ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਕਣਕ ਦਾ ਝਾੜ ਘੱਟ ਨਿਕਲਣ ਲਈ 500 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਦੇਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀਆਂ ਤਾਕਤਾਂ ‘ਆਪ’ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤੀਆਂ ਹਨ ਤੇ ਕੇਜਰੀਵਾਲ ਹੀ ਮੁੱਖ ਮੰਤਰੀ ਦੀ ਗ਼ੈਰਹਾਜ਼ਰੀ ਵਿੱਚ ਪੰਜਾਬ ਸਬੰਧੀ ਸਾਰੇ ਫ਼ੈਸਲੇ ਲੈ ਰਹੇ ਹਨ।

ਸ੍ਰੀ ਬਾਦਲ ਨੇ ਦੋਸ਼ ਲਾਇਆ ਕਿ ਅੱਜ ਭਗਵੰਤ ਮਾਨ ਸ਼ਰਾਬ ਪੀ ਕੇ ਤਖ਼ਤ ਦਮਦਮਾ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ, ਸਗੋਂ ਉਹ ਬਰਗਾੜੀ ਧਰਨੇ ’ਤੇ ਵੀ ਸ਼ਰਾਬ ਪੀ ਕੇ ਗਏ ਸਨ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮ ਨੂੰ ਅਪੀਲ ਕੀਤੀ ਕਿ ਉਹ ਪੰਥ ਦੀ ਰਾਖੀ ਵਾਸਤੇ ਕੰਮ ਕਰਨ ਅਤੇ ਸਾਰੀਆਂ ਪੰਥ ਵਿਰੋਧੀ ਤਾਕਤਾਂ ਨੂੰ ਸਮੇਂ ਸਿਰ ਮਾਤ ਦੇਣ। ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ‘ਆਪ’ ਸਰਕਾਰ ਕਿਸਾਨਾਂ ਨੂੰ ਝਾੜ ਘੱਟ ਨਿਕਲਣ ਦਾ ਮੁਆਵਜ਼ਾ ਦੇਵੇ ਤੇ ਡੀਜ਼ਲ ’ਤੇ ਵੈਟ ਘਟਾਵੇ ਅਤੇ ਨਾਲ ਹੀ ਬਿਜਲੀ ਦੀ ਢੁਕਵੀਂ ਸਪਲਾਈ ਦਾ ਪ੍ਰਬੰਧ ਕਰੇ। ਇਸ ਮੌਕੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਇੱਕ ਮਤਾ ਪੇਸ਼ ਕੀਤਾ, ਜਿਸ ਵਿਚ ਕੇਂਦਰ ਸਰਕਾਰ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਗਈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ’ਚ ਸਾਜ਼ਿਸ਼ ਤਹਿਤ ਬੇਅਦਬੀਆਂ ਹੋ ਰਹੀਆਂ ਹਨ: ਈਮਾਨ ਸਿੰਘ ਮਾਨ
Next articleਵੰਡ ਤੋਂ ਹਮੇਸ਼ਾਂ ਚੌਕਸ ਰਹਿਣ ਦੀ ਲੋੜ: ਚੀਫ ਜਸਟਿਸ