ਚੰਡੀਗੜ੍ਹ (ਸਮਾਜ ਵੀਕਲੀ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅੱਜ ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਲਈ ਭਾਜਪਾ ਨਾਲ ਗੱਠਜੋੜ ਕਰਨ ਵਾਲੀਆਂ ਸਿਆਸੀ ਪਾਰਟੀਆਂ ਨੂੰ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਬਣਾ ਕੇ ਭਾਜਪਾ ਨਾਲ ਸਿਆਸੀ ਪਾਰੀ ਖੇਡਣ ਜਾ ਰਹੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਕੈਪਟਨ ਨੇ ਖੁਦ ਵੀ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਅਤੇ ਹੁਣ ਸਿਆਸੀ ਸਾਥ ਵੀ ਉਸ ਭਾਜਪਾ ਦਾ ਲੈ ਰਹੇ ਹਨ, ਜਿਸ ਨੇ ਪੰਜਾਬ ਅਤੇ ਪੰਜਾਬ ਦੇ ਅੰਨਦਾਤਾ ਨੂੰ ਮਿੱਟੀ ’ਚ ਰੋਲਣ ਦੀ ਕੋਈ ਕਸਰ ਨਹੀਂ ਛੱਡੀ।
ਉਨ੍ਹਾਂ ਕਿਹਾ ਕਿ ਕੈਪਟਨ ਨੇ ਕੁਰਸੀ ’ਤੇ ਬੈਠ ਕੇ ਲੋਕ ਭਲਾਈ ਲਈ ਕੋਈ ਕੰਮ ਨਹੀਂ ਕੀਤਾ ਅਤੇ ਨਾ ਹੀ ਕੋਈ ਚੋਣ ਵਾਅਦਾ ਪੂਰਾ ਕੀਤਾ। ਸੂਬੇ ’ਚ ਨਸ਼ੇ, ਰੇਤਾ, ਕੇਬਲ ਅਤੇ ਟਰਾਂਸਪੋਰਟ ਮਾਫੀਆ ਜਿਉਂ ਦਾ ਤਿਉਂ ਹੀ ਕਾਇਮ ਰੱਖਿਆ। ‘ਆਪ’ ਆਗੂ ਨੇ ਕਿਹਾ ਕਿ ਭਾਜਪਾ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਰਾਜਨੀਤਕ ਗੱਠਜੋੜ ਬਾਰੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਵੀ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਉਹ ਪੰਜਾਬ ਨਾਲ ਹਨ ਜਾਂ ਕੁਰਸੀ ਲਈ ਪੰਜਾਬ ਦੇ ਦੋਖੀਆਂ ਨਾਲ ਸਿਆਸੀ ਗੱਠਜੋੜ ਕਰਨਗੇ। ਉਨ੍ਹਾਂ ਕਿਹਾ ਕਿ ਕੈਪਟਨ ਅਤੇ ਭਾਜਪਾ ਮਿਲ ਕੇ ਪੰਜਾਬ ’ਚ ਰਾਜਨੀਤਕ ਜ਼ਮੀਨ ਤਲਾਸ਼ਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਪੰਜਾਬ ਦੀ ਪਿੱਠ ’ਚ ਛੁਰਾ ਮਾਰਨ ਵਾਲਿਆਂ ਦਾ ਪੰਜਾਬੀ ਕਦੇ ਵੀ ਸਾਥ ਨਹੀਂ ਦੇਣਗੇ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly