ਚੰਡੀਗੜ੍ਹ, (ਸਮਾਜ ਵੀਕਲੀ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਅਲਟੀਮੇਟਮ ਦੇ ਦਿੱਤਾ ਹੈ| ਮੁੱਖ ਮੰਤਰੀ ਨੇ ਸਖ਼ਤ ਲਫ਼ਜ਼ਾਂ ’ਚ ਕੇਂਦਰ ਨੂੰ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ| ਚੰਨੀ ਨੇ ਚਿਤਾਵਨੀ ਭਰੇ ਲਹਿਜ਼ੇ ’ਚ ਆਖਿਆ ਕਿ ਜੇਕਰ ਕੇਂਦਰ ਨੇ ਅਜਿਹਾ ਨਾ ਕੀਤਾ ਤਾਂ ਪੰਜਾਬ ਸਰਕਾਰ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਮੁੱਢੋਂ ਰੱਦ ਕਰ ਦੇਵੇਗੀ ਤਾਂ ਕਿ ਕਿਸਾਨਾਂ ਅਤੇ ਖੇਤ ਕਾਮਿਆਂ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ|
ਅੱਜ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿਚ ਜੇਕਰ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਤੁਰੰਤ ਪ੍ਰਵਾਨ ਨਹੀਂ ਕਰਦੀ ਤਾਂ ਉਹ ਇਸ ਮੁੱਦੇ ਉੱਤੇ ਪੈਦਲ ਜਾਂ ਸਾਈਕਲ ਉੱਤੇ ਦਿੱਲੀ ਵੱਲ ਵਿਸ਼ਾਲ ਮਾਰਚ ਕੱਢਣ ਦੀ ਅਗਵਾਈ ਕਰਨਗੇ| ਉਹ ਰਸਤੇ ਵਿਚ ਰਾਤਾਂ ਕੱਟਣ ਨੂੰ ਤਿਆਰ ਹਨ| ਚੰਨੀ ਨੇ ਕਿਹਾ ਕਿ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਘਿਣਾਉਣੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਸੋਧੇ ਹੋਏ ਬਿੱਲ ਲਿਆਉਣ ਦਾ ਰਾਹ ਚੁਣਿਆ ਸੀ ਪਰ ਉਹ ਹੁਣ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾ ਕੇ ਮੁੱਢੋਂ ਹੀ ਰੱਦ ਕਰਨਗੇ|
ਚੰਨੀ ਨੇ ਸਰਹੱਦੀ ਸੂਬੇ ਦੀ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਵਿਚ ਭੂਮਿਕਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ ਬਲਕਿ ਦੇਸ਼ ਦੇ ਵਡੇਰੇ ਹਿੱਤ ਵਿਚ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦਾ ਹੱਲ ਛੇਤੀ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਾਨੂੰਨ ਸੂਬੇ ਦੀ ਕਿਸਾਨੀ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਗੇ ਅਤੇ ਪੰਜਾਬ ਦੇ ਕਿਸਾਨ ਤਾਂ ਪਹਿਲਾਂ ਹੀ ਇੱਕ ਲੱਖ ਕਰੋੜ ਰੁਪਏ ਦੇ ਬੋਝ ਹੇਠ ਦੱਬੇ ਹੋਏ ਹਨ|
ਮੁੱਖ ਮੰਤਰੀ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਪੰਜਾਬ ਦੀ ਕਿਸਾਨੀ ਨੂੰ ਇਸ ਵਿੱਤੀ ਸੰਕਟ ਵਿਚੋਂ ਬਾਹਰ ਕੱਢਣ ਲਈ ਅੱਗੇ ਆਉਣਾ ਚਾਹੀਦਾ ਹੈ| ਚੰਨੀ ਨੇ ਕਿਹਾ ਕਿ ਕਾਰਪੋਰੇਟਾਂ ਦੇ ਕਰਜ਼ੇ ਮੁਆਫ਼ ਕੀਤੇ ਜਾ ਸਕਦੇ ਹਨ ਤਾਂ ਲੋੜਵੰਦ ਕਿਸਾਨਾਂ ਦੇ ਕਰਜ਼ੇ ਕਿਉਂ ਨਹੀਂ ਮੁਆਫ਼ ਹੋ ਸਕਦੇ| ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਦੋ ਲੱਖ ਰੁਪਏ ਤੱਕ ਦੀ ਰਾਹਤ ਪ੍ਰਦਾਨ ਕੀਤੀ ਹੈ ਅਤੇ ਹੁਣ ਖੇਤੀ ਕਾਮਿਆਂ ਨੂੰ ਵੀ ਆਪਣੇ ਵਸੀਲਿਆਂ ਵਿਚੋਂ 25 ਹਜ਼ਾਰ ਰੁਪਏ ਤੱਕ ਦੀ ਰਾਹਤ ਦਿੱਤੀ ਜਾ ਰਹੀ ਹੈ|
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly