ਬਨੂੜ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਸਰਕਾਰੀ ਨੌਕਰੀਆਂ ਵਿੱਚ 33 ਫ਼ੀਸਦੀ ਨੌਕਰੀਆਂ ਰਾਖਵੀਂਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰੀ, ਨਿੱਜੀ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਉੱਚ ਵਿੱਦਿਆ ਲੈਣ ਲਈ ਵੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ 33 ਫ਼ੀਸਦੀ ਸੀਟਾਂ ਰਿਜ਼ਰਵ ਹੋਣਗੀਆਂ ਤੇ ਉਨ੍ਹਾਂ ਦੀ ਫੀਸ ਸਰਕਾਰ ਅਦਾ ਕਰੇਗੀ।
ਅੱਜ ਬਾਅਦ ਦੁਪਹਿਰ ਬਨੂੜ ਦੀ ਅਨਾਜ ਮੰਡੀ ਵਿੱਚ ਰਾਜਪੁਰਾ ਹਲਕੇ ਤੋਂ ਪਾਰਟੀ ਉਮੀਦਵਾਰ ਚਰਨਜੀਤ ਸਿੰਘ ਬਰਾੜ ਦੇ ਹੱਕ ਵਿੱਚ ਹੋਏ ਇਕੱਠ ਮੌਕੇ ਸੁਖਬੀਰ ਨੇ ਆਖਿਆ ਕਿ ਸਰਕਾਰ ਬਣਨ ਉੱਤੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ 12 ਹਜ਼ਾਰ ਕਰੋੜ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਪੰਜਾਬ ਵਿੱਚ ਸਮੁੱਚਾ ਵਿਕਾਸ ਅਕਾਲੀ ਸਰਕਾਰ ਸਮੇਂ ਹੋਇਆ ਹੈ ਅਤੇ ਹੁਣ ਫਿਰ ਸਰਕਾਰ ਬਣਨ ’ਤੇ ਹਰੇਕ ਪਰਿਵਾਰ ਨੂੰ ਚਾਰ ਸੌ ਯੂਨਿਟ ਮੁਫ਼ਤ ਬਿਜਲੀ ਅਤੇ ਹੋਰ ਸਮੁੱਚੇ ਵਾਅਦੇ ਪੂਰੇ ਕੀਤੇ ਜਾਣਗੇ।
ਆਮ ਆਦਮੀ ਪਾਰਟੀ ਤੇ ਕੇਜਰੀਵਾਲ ਉੱਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਹ ਪਾਰਟੀ ਪੰਜਾਬ ਵਿਰੋਧੀ ਹੈ। ਕੇਜਰੀਵਾਲ ਐੱਸਵਾਈਐੱਲ ਕਢਵਾ ਕੇ ਦਿੱਲੀ ਨੂੰ ਪਾਣੀ ਦੇਣ, ਪੰਜਾਬ ਦੇ ਧੂੰਏ ਨੂੰ ਰੋਕਣ ਲਈ ਥਰਮਲ ਬੰਦ ਕਰਾਉਣ, ਪਰਾਲੀ ਸਾੜਨ ਨੂੰ ਰੋਕਣ ਲਈ ਕਾਨੂੰਨ ਬਣਾਉਣ ਵਰਗੇ ਮਾਮਲੇ ਅਦਾਲਤ ਵਿੱਚ ਲੈ ਕੇ ਗਏ, ਜਿਹੜੇ ਕਿ ਪੰਜਾਬ ਅਤੇ ਪੰਜਾਬੀਆਂ ਦੇ ਵਿਰੁੱਧ ਸਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਪੰਜਾਬ ਦੇ ਮਸਲਿਆਂ ਤੋਂ ਅਣਜਾਣ ਹਨ ਅਤੇ ਪੰਜ ਸਾਲਾਂ ਬਾਅਦ ਚੋਣਾਂ ਸਮੇਂ ਹੀ ਇੱਥੇ ਨਜ਼ਰ ਆਉਂਦੇ ਹੈ। ਉਨ੍ਹਾਂ ਬਨੂੜ ਦੀ ਬਾਜ਼ੀਗਰ ਬਰਾਦਰੀ ਨੂੰ ਜ਼ਮੀਨ ਅਲਾਟ ਕਰਨ ਅਤੇ ਕਾਲਜ ਖੋਲ੍ਹਣ ਦਾ ਵੀ ਐਲਾਨ ਕੀਤਾ। ਇਸ ਮੌਕੇ ਚਰਨਜੀਤ ਸਿੰਘ ਬਰਾੜ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸਾਧੂ ਸਿੰਘ ਖਲੌਰ, ਜਸਵਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly