ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਤੋਂ ਕਿਨਾਰਾ; ਚੜੂਨੀ ਨੇ ਬਣਾਈ ਪਾਰਟੀ

  • ਪੰਜਾਬ ਚੋਣਾਂ ਬਾਰੇ ਨਜ਼ਰੀਆ ਅਗਲੀ ਮੀਟਿੰਗ ’ਚ ਸਪੱਸ਼ਟ ਕਰਨ ਦਾ ਐਲਾਨ
  • ਕਿਸਾਨਾਂ ਦੀਆਂ ਮੰਗਾਂ ਬਾਰੇ ਚੰਨੀ ਸਰਕਾਰ ਦੀ ਖ਼ਾਮੋਸ਼ੀ ਉਤੇ ਉਠਾਏ ਸਵਾਲ
  • ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕੀਤੀ ਮੰਗ
  • ਟੌਲ ਪਲਾਜ਼ਿਆਂ ਦੇ ਵਧਾਏ ਰੇਟ ਲਾਗੂ ਨਾ ਹੋਣ ਦੇਣ ਦਾ ਦਾਅਵਾ

ਗੁਰੂਸਰ ਸੁਧਾਰ (ਸਮਾਜ ਵੀਕਲੀ):  ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼ਮੂਲੀਅਤ ਨੂੰ ਮੁੱਢੋਂ ਰੱਦ ਕਰਦਿਆਂ ਇਸ ਸਬੰਧੀ ਆਪਣਾ ਨਜ਼ਰੀਆ ਅਗਲੀ ਮੀਟਿੰਗ ਵਿਚ ਸਪੱਸ਼ਟ ਕਰਨ ਦਾ ਐਲਾਨ ਕੀਤਾ ਹੈ। ਕਸਬਾ ਮੁੱਲਾਂਪੁਰ ਦੇ ਗੁਰਸ਼ਰਨ ਕਲਾ ਭਵਨ ਵਿਚ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਹਰਦੇਵ ਸਿੰਘ ਸੰਧੂ, ਪ੍ਰੇਮ ਸਿੰਘ ਭੰਗੂ, ਕਿਰਪਾ ਸਿੰਘ ਨੱਥੂਵਾਲਾ, ਕਿਰਨਜੀਤ ਸਿੰਘ ਸੇਖੋਂ ਅਤੇ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪਿਛਲੀ ਮੀਟਿੰਗ ਵਿਚ ਮੰਗਾਂ ਉਪਰ ਬਣੀ ਸਹਿਮਤੀ ਦੇ ਬਾਵਜੂਦ ਸਰਕਾਰ ਨੇ ਕੋਈ ਸਾਰਥਕ ਕਦਮ ਨਹੀਂ ਉਠਾਏ ਹਨ। ਉਨ੍ਹਾਂ ਕਿਸਾਨੀ ਕਰਜ਼ਿਆਂ ਉਪਰ ਲੀਕ ਮਾਰਨ, ਅੰਦੋਲਨ ਦੌਰਾਨ ਕਿਸਾਨਾਂ ਖ਼ਿਲਾਫ਼ ਦਰਜ ਮੁਕੱਦਮਿਆਂ ਦੀ ਵਾਪਸੀ ਸਮੇਤ ਰੁਜ਼ਗਾਰ ਅਤੇ ਹੋਰ ਭਖਦੇ ਮਸਲਿਆਂ ਬਾਰੇ ਪੰਜਾਬ ਸਰਕਾਰ ਵੱਲੋਂ ਧਾਰੀ ਖ਼ਾਮੋਸ਼ੀ ਦੀ ਨਿੰਦਾ ਕੀਤੀ ਅਤੇ ਐਲਾਨ ਕੀਤਾ ਕਿ ਮੁੱਖ ਮੰਤਰੀ ਨਾਲ ਹੋਣ ਵਾਲੀ ਅਗਲੀ ਮੀਟਿੰਗ ਵਿਚ ਇਹ ਮਾਮਲੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ।

ਕਿਸਾਨ ਆਗੂਆਂ ਨੇ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਦਾਅਵਿਆਂ ਨੂੰ ਖੋਖਲੇ ਦੱਸਦਿਆਂ ਪੰਜਾਬ ਦੇ ਸਮੁੱਚੇ ਕੱਚੇ ਅਤੇ ਠੇਕੇਦਾਰੀ ਪ੍ਰਬੰਧ ਹੇਠ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਅਤੇ ਉਨ੍ਹਾਂ ਦੇ ਸੰਘਰਸ਼ ਦੀ ਹਮਾਇਤ ਦਾ ਵੀ ਐਲਾਨ ਕੀਤਾ। ਕਿਸਾਨ ਆਗੂਆਂ ਨੇ ਸੂਬੇ ’ਚ ਡੀਏਪੀ ਤੋਂ ਬਾਅਦ ਹੁਣ ਯੂਰੀਏ ਦੀ ਕਮੀ ਅਤੇ ਖੇਤੀ ਲਈ ਨਾਕਾਫ਼ੀ ਬਿਜਲੀ ਸਪਲਾਈ ਦਾ ਮੁੱਦਾ ਵੀ ਜ਼ੋਰਦਾਰ ਢੰਗ ਨਾਲ ਉਠਾਇਆ। ਪਿਛਲੇ ਸਮੇਂ ਨਿੱਜੀ ਕੰਪਨੀਆਂ ਲਈ ਗ੍ਰਹਿਣ ਕੀਤੀ ਕਿਸਾਨਾਂ ਦੀ ਜਿਹੜੀ ਜ਼ਮੀਨ ਪੰਜ ਸਾਲ ਬਾਅਦ ਵੀ ਵਰਤੋਂ ਵਿਚ ਨਹੀਂ ਲਿਆਂਦੀ ਗਈ, ਉਹ ਕਾਨੂੰਨ ਅਨੁਸਾਰ ਮਾਲਕਾਂ ਨੂੰ ਵਾਪਸ ਕਰਨ ਦੀ ਮੰਗ ਕੀਤੀ ਗਈ ਅਤੇ ਕੌਮੀ ਰਾਜ ਮਾਰਗਾਂ ਵਿਚ ਆ ਰਹੀਆਂ ਕਿਸਾਨਾਂ ਦੀਆਂ ਜ਼ਮੀਨਾਂ ਦਾ ਮੁਆਵਜ਼ਾ ਨਵੇਂ ਭੂਮੀ ਗ੍ਰਹਿਣ ਕਾਨੂੰਨ ਅਨੁਸਾਰ ਦੇਣ ਦੀ ਵੀ ਮੰਗ ਕੀਤੀ ਹੈ। ਸੂਬਾ ਸਰਕਾਰ ਵੱਲੋਂ ਐਲਾਨੇ ਗੰਨੇ ਦੇ ਭਾਅ ਅਨੁਸਾਰ ਅਦਾਇਗੀ ਨਾ ਕਰਨ ਦੀ ਨਿੰਦਾ ਕਰਦਿਆਂ ਪੂਰੀ ਅਦਾਇਗੀ ਕਰਨ ਦੀ ਮੰਗ ਕੀਤੀ ਗਈ। ਟੌਲ ਪਲਾਜ਼ਿਆਂ ਦੇ ਰੇਟਾਂ ਵਿਚ ਕੀਤਾ ਵਾਧਾ ਫ਼ੌਰੀ ਵਾਪਸ ਲੈਣ ਅਤੇ ਉਥੋਂ ਹਟਾਏ ਮੁਲਾਜ਼ਮਾਂ ਨੂੰ ਪਿਛਲੀ ਤਨਖ਼ਾਹ ਸਮੇਤ ਬਹਾਲ ਕਰਨ ਦੀ ਵੀ ਮੰਗ ਕੀਤੀ ਗਈ। ਮੀਟਿੰਗ ਵਿਚ ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜ ਗਿੱਲ, ਕੁਲਵੰਤ ਸਿੰਘ ਸੰਧੂ, ਰੁਲਦੂ ਸਿੰਘ, ਬਲਦੇਵ ਸਿੰਘ ਸਿਰਸਾ ਸਮੇਤ ਸਾਰੇ ਪ੍ਰਮੁੱਖ ਆਗੂ ਸ਼ਾਮਲ ਸਨ। ਹਾਲਾਂਕਿ ਦੁਪਹਿਰ ਦੇ ਖਾਣੇ ਬਾਅਦ ਜ਼ਰੂਰੀ ਰੁਝੇਵਿਆਂ ਕਾਰਨ ਆਗਿਆ ਲੈ ਕੇ ਰਾਜੇਵਾਲ ਮੀਟਿੰਗ ਵਿਚੋਂ ਚਲੇ ਗਏ ਸਨ।

ਜਥੇਬੰਦੀਆਂ ਵਿਚ ਫੁੱਟ ਤੋਂ ਕੀਤਾ ਇਨਕਾਰ

ਮੀਟਿੰਗ ਵਿਚ ਸਾਰੀਆਂ 32 ਜਥੇਬੰਦੀਆਂ ਦੇ ਪ੍ਰਮੁੱਖ ਕਿਸਾਨ ਆਗੂ ਸ਼ਾਮਲ ਹੋਏ। ਪ੍ਰੈੱਸ ਕਾਨਫ਼ਰੰਸ ਦੌਰਾਨ ਮੀਡੀਆ ਦੇ ਇਕ ਹਿੱਸੇ ਵੱਲੋਂ ਕਿਸਾਨ ਜਥੇਬੰਦੀਆਂ ਵਿਚ ਫੁੱਟ ਪੈਣ ਦੇ ਕਿਆਫ਼ਿਆਂ ਨੂੰ ਮੁੱਢੋਂ ਰੱਦ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦਾ ਏਕਾ ਭਵਿੱਖ ਵਿਚ ਵੀ ਬਰਕਰਾਰ ਰਹੇਗਾ। ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵੱਲੋਂ ਸਿਆਸੀ ਪਾਰਟੀ ਬਣਾਏ ਜਾਣ ਦੇ ਸਵਾਲ ਬਾਰੇ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਬਾਰੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿਚ ਚਰਚਾ ਹੋਵੇਗੀ ਪਰ ਕਿਸਾਨਾਂ ਦਾ ਇਹ ਏਜੰਡਾ ਨਹੀਂ ਸੀ। ਕਿਸਾਨ ਆਗੂਆਂ ਨੇ ਕਿਹਾ ਕਿ ਚੰਨੀ ਨੇ ਪੰਜਾਬ ਵਿਚ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਤੋਂ ਇਲਾਵਾ ਚੰਡੀਗੜ੍ਹ ਵਿਚ ਦਰਜ ਮੁਕੱਦਮਿਆਂ ਬਾਰੇ ਪੰਜਾਬ ਦੇ ਗਵਰਨਰ ਨਾਲ ਮਾਮਲਾ ਉਠਾਉਣ ਦਾ ਵਾਅਦਾ ਵੀ ਕੀਤਾ ਸੀ, ਪਰ ਹਾਲੇ ਤੱਕ ਇਹ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਗਈ ਹੈ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleThousands evacuated as floods hit Malaysia
Next articleਦਰਬਾਰ ਸਾਹਿਬ ਵਿਚ ਬੇਅਦਬੀ ਦਾ ਯਤਨ; ਕੁੱਟਮਾਰ ’ਚ ਵਿਅਕਤੀ ਦੀ ਮੌਤ