ਖਰੜ (ਸਮਾਜ ਵੀਕਲੀ): ਜੂਡੋ ਫੈਡਰੇਸ਼ਨ ਆਫ ਇੰਡੀਆ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿੱਚ ਕਰਵਾਈ ਜਾ ਰਹੀ 5 ਰੋਜ਼ਾ ਨੈਸ਼ਨਲ ਕੈਡਿਟ ਤੇ ਸਬ-ਜੂਨੀਅਰ ਚੈਂਪੀਅਨਸ਼ਿਪ ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ’ਚ ਅਤਿ-ਆਧੁਨਿਕ ਵਿਸ਼ਵ ਪੱਧਰੀ ਇਨਡੋਰ ਜੂਡੋ ਸਟੇਡੀਅਮ ਸਥਾਪਿਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਪੰਜਾਬ ਜੂਡੋ ਫੈਡਰੇਸ਼ਨ ਨੂੰ ਵਿਸ਼ਵ ਪੱਧਰੀ ਸਟੇਡੀਅਮ ਦੀ ਉਸਾਰੀ ਲਈ ਢੁੱਕਵੀਂ ਜ਼ਮੀਨ ਦੀ ਸ਼ਨਾਖਤ ਕਰਨ ਲਈ ਕਿਹਾ। ਇਸ ਮੌਕੇ ਸੂਬੇ ’ਚ ਜੂਡੋ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਜੂਡੋ ਐਸੋਸੀਏਸ਼ਨ ਨੂੰ 20 ਲੱਖ ਦੀ ਗਰਾਂਟ ਦੇਣ ਦਾ ਐਲਾਨ ਵੀ ਕੀਤਾ।
ਉਦਘਾਟਨੀ ਸਮਾਗਮ ਦੌਰਾਨ ਰਾਜ ਸਭਾ ਮੈਂਬਰ ਅਤੇ ਜੂਡੋ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਦੌਰਾਨ ਪੰਜਾਬ ਜੂਡੋ ਐਸੋਸੀਏਸ਼ਨ ਦੇ ਪ੍ਰਧਾਨ ਵਿਕਰਮ ਪ੍ਰਤਾਪ ਸਿੰਘ ਬਾਜਵਾ, ਪੰਜਾਬ ਜੂਡੋ ਐਸੋਸੀਏਸ਼ਨ ਦੇ ਜਨਰਲ ਸਕੱਤਰ ਦੇਵ ਸਿੰਘ ਧਾਲੀਵਾਲ, ਅੰਤਰਰਾਸ਼ਟਰੀ ਰੈਫ਼ਰੀ ਸੁਰਿੰਦਰ ਕੁਮਾਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਉਚੇਚੇ ਤੌਰ ’ਤੇ ਹਾਜ਼ਰ ਰਹੇ। ਸਮਾਗਮ ਦੌਰਾਨ 100 ਤੋਂ ਵੱਧ ਕੋਚ, ਰੈਫਰੀ ਅਤੇ ਫੈਡਰੇਸ਼ਨ ਦੇ ਅਧਿਕਾਰੀ ਹਾਜ਼ਰ ਰਹੇ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੱਲੋਂ ਲੜਕੀਆਂ ਦੇ ਅੰਡਰ 40 ਕਿਲੋ ਅਤੇ ਲੜਕਿਆਂ ਦੇ ਅੰਡਰ-50 ਕਿਲੋ ਭਾਰ ਵਰਗਾਂ ਅਧੀਨ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਮੈਡਲ ਦਿੱਤੇ ਗਏ। ਚੰਡੀਗੜ੍ਹ ਯੂਨੀਵਰਸਿਟੀ ਵਿੱਚ 13 ਨਵੰਬਰ ਤੱਕ ਚੱਲਣ ਵਾਲੀ ਨੈਸ਼ਨਲ ਪੱਧਰ ਦੀ ਚੈਂਪੀਅਨਸ਼ਿਪ ’ਚ ਭਾਰਤ ਦੇ 28 ਰਾਜਾਂ ਤੋਂ 460 ਤੋਂ ਵੱਧ ਖਿਡਾਰੀ ਸ਼ਿਰਕਤ ਕਰ ਰਹੇ ਹਨ।
ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਲੱਖਾਂ ਦੀ ਗਿਣਤੀ ਵਿਚੋਂ ਚੋਣਵੇਂ ਖਿਡਾਰੀਆਂ ਨੂੰ ਆਪਣੇ-ਆਪਣੇ ਸੂਬਿਆਂ ਦੀ ਨੁਮਾਇੰਦਗੀ ਕਰਨ ਦਾ ਮੌਕਾ ਮਿਲਦਾ ਹੈ। ਉਨ੍ਹਾਂ ਇਸ ਪ੍ਰਾਪਤੀ ਨੂੰ ਖਿਡਾਰੀਆਂ ਲਈ ਸਭ ਤੋਂ ਵੱਡੀ ਪ੍ਰਾਪਤੀ ਕਰਾਰ ਦਿੱਤਾ। ਮੁੱਖ ਮੰਤਰੀ ਨੇ ਪੰਜਾਬ ਜੂਡੋ ਐਸੋਸੀਏਸ਼ਨ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ, ਜਿਸ ਨੇ ਕਰੋਨਾ ਮਹਾਮਾਰੀ ਤੋਂ ਬਾਅਦ ਪਹਿਲੇ ਰਾਸ਼ਟਰੀ ਪੱਧਰ ਦੇ ਟੂਰਨਾਮੈਂਟ ਕਰਵਾਉਣ ਦੀ ਚੁਣੌਤੀ ਨੂੰ ਸਵੀਕਾਰਿਆ।
ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਸੰਧੂ ਦਾ ਭਾਰਤੀ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ’ਚ ਵੱਡਾ ਯੋਗਦਾਨ ਹੈ। ਜੂਡੋ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨੇ ਚੈਂਪੀਅਨਸ਼ਿਪ ’ਚ ਸ਼ਿਰਕਤ ਕਰਨ ਵਾਲੇ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਇਹ ਮੁਕਾਬਲੇ ਹੋਰਨਾ ਖਿਡਾਰੀਆਂ ਨੂੰ ਵੀ ਉਤਸ਼ਾਹਿਤ ਕਰਨ ਲਈ ਮੰਚ ਸਾਬਤ ਹੋਣਗੇੇ। ਉਨ੍ਹਾਂ ਕਿਹਾ ਕਿ ਮੌਕਿਆਂ ਅਤੇ ਰੁਜ਼ਗਾਰ ਦੀ ਘਾਟ ਕਾਰਨ ਸੂਬੇ ਦੀ ਨੌਜਵਾਨੀ ਵਿਦੇਸ਼ਾਂ ’ਚ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ’ਚ ਕਾਂਗਰਸ ਸਰਕਾਰ ਦਾ ਉਦੇਸ਼ ਰਹੇਗਾ ਕਿ ਸੂਬੇ ਦੀ ਨੌਜਵਾਨੀ ਨੂੰ ਵੱਧ ਤੋਂ ਵੱਧ ਰੁਜ਼ਗਾਰ ਅਤੇ ਸਿੱਖਿਆ ਦੇ ਢੁੱਕਵੇਂ ਮੌਕੇ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਿਹਾ ਕਿਹਾ ਸੂਬੇ ਦੀ ਆਰਥਿਕਤਾ ਕੇਵਲ ਖੇਤੀਬਾੜੀ ਰਾਹੀਂ ਪ੍ਰਫੁਲਿਤ ਨਹੀਂ ਹੋ ਸਕਦੀ। ਪੰਜਾਬ, ਵਾਂਗ ਅਮਰੀਕਾ ਦਾ ਕੈਲੀਫੋਰਨੀਆ ਵੀ ਇੱਕ ਖੇਤੀਬਾੜੀ ਰਾਜ ਹੈ ਪਰ ਉੱਥੇ ਫੂਡ ਗ੍ਰੇਨ ਅਤੇ ਫੂਡ ਪ੍ਰੋਸੈਸਿੰਗ ਵਰਗੇ ਛੋਟੇ ਪੈਮਾਨੇ ਦਾ ਉਦਯੋਗ ਪ੍ਰਮੁੱਖ ਹਨ। ਇਸੇ ਤਰਜ਼ ’ਤੇ ਸੂਬੇ ਵਿੱਚ ਛੋਟੇ ਪੈਮਾਨੇ ਦੇ ਉਦਯੋਗ ਸਥਾਪਿਤ ਕੀਤੇ ਜਾਣੇ ਜ਼ਰੂਰੀ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly