ਨਵੀਂ ਦਿੱਲੀ (ਸਮਾਜ ਵੀਕਲੀ):ਸੰਯੁਕਤ ਕਿਸਾਨ ਮੋਰਚੇ ਦੇ ਆਗੂ ਯੋਗੇਂਦਰ ਯਾਦਵ ਮੁੜ ਕਿਸਾਨ ਅੰਦੋਲਨ ਵਿੱਚ ਸਰਗਰਮ ਹੋ ਗਏ ਹਨ। ਉਨ੍ਹਾਂ ਮੋਰਚੇ ਦੀ ਕੋਰ ਕਮੇਟੀ ਦੀ ਮੀਟਿੰਗ ਵਿੱਚ ਸ਼ਿਰਕਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵਿਚਾਰੇ ਗਏ ਏਜੰਡਿਆਂ ਬਾਰੇ ਜਾਣਕਾਰੀ ਦਿੱਤੀ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਤੋਂ ਜਦੋਂ ਸ੍ਰੀ ਯਾਦਵ ਦੀ ਮੁਅੱਤਲੀ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, ‘ਹਾਂ, ਉਹ ਸੰਯੁਕਤ ਕਿਸਾਨ ਮੋਰਚੇ ਵਿੱਚ ਮੁੜ ਸ਼ਾਮਲ ਹੋ ਕੇ ਸਰਗਰਮ ਹੋ ਗਏ ਹਨ।’ ਜ਼ਿਕਰਯੋਗ ਹੈ ਕਿ ਸ੍ਰੀ ਯਾਦਵ ਨੂੰ ਇੱਕ ਮਹੀਨੇ ਲਈ ਮੋਰਚੇ ਵਿੱਚੋਂ ਮੁਅੱਤਲ ਕੀਤਾ ਗਿਆ ਸੀ।
ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਵਾਲੀਆਂ 32 ਕਿਸਾਨ ਯੂਨੀਅਨਾਂ ਦੀ ਸਾਂਝੀ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ ਨੇ ਸਮਾਜਿਕ ਕਾਰਕੁਨ ਯੋਗੇਂਦਰ ਯਾਦਵ ਨੂੰ ਕਿਸਾਨ ਸੰਗਠਨ ਤੋਂ ਇੱਕ ਮਹੀਨੇ ਲਈ ਮੁਅੱਤਲ ਕਰ ਦਿੱਤਾ ਸੀ। ਯੋਗੇਂਦਰ ਯਾਦਵ ਦੀ ਮੁਅੱਤਲੀ ਦੀ ਮੰਗ ਨੂੰ ਕਈ ਕਿਸਾਨ ਯੂਨੀਅਨਾਂ ਨੇ ਉਠਾਇਆ ਸੀ ਕਿਉਂਕਿ ਉਹ ਲਖੀਮਪੁਰ ਹਿੰਸਾ ਦੌਰਾਨ ਮਾਰੇ ਗਏ ਭਾਜਪਾ ਵਰਕਰਾਂ ਦੇ ਪਰਿਵਾਰਾਂ ਨੂੰ ਮਿਲੇ ਸਨ। ਬੀਤੇ 21 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਦੌਰਾਨ ਯੋਗੇਂਦਰ ਯਾਦਵ ਨੂੰ ਲਖੀਮਪੁਰ ਹਿੰਸਾ ਦੌਰਾਨ ਮਾਰੇ ਗਏ ਭਾਜਪਾ ਵਰਕਰਾਂ ਦੇ ਦੁਖੀ ਪਰਿਵਾਰਾਂ ਨੂੰ ਮਿਲਣ ਦੀ ਕਾਰਵਾਈ ਲਈ ਮੁਆਫ਼ੀ ਮੰਗਣ ਲਈ ਕਿਹਾ ਗਿਆ ਸੀ, ਜਿਸ ਦੌਰਾਨ ਚਾਰ ਕਿਸਾਨਾਂ ਦੀ ਮੌਤ ਹੋ ਗਈ ਸੀ। ਯੋਗੇਂਦਰ ਦੀ ਮੁਅੱਤਲੀ ਦੀ ਮੰਗ ਲਈ ਪੰਜਾਬ ਆਧਾਰਤ ਕਿਸਾਨ ਜਥੇਬੰਦੀਆਂ ਵੱਲੋਂ ਜ਼ੋਰ ਦਿੱਤਾ ਗਿਆ ਸੀ। ਮੀਟਿੰਗ ਦੌਰਾਨ ਯੋਗੇਂਦਰ ਯਾਦਵ ਨੇ ਲਖੀਮਪੁਰ ਖੀਰੀ ’ਚ ਮ੍ਰਿਤਕ ਭਾਜਪਾ ਵਰਕਰਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਤੋਂ ਪਹਿਲਾਂ ਆਪਣੇ ਸਾਥੀਆਂ ਨਾਲ ਸਲਾਹ-ਮਸ਼ਵਰਾ ਨਾ ਕਰਨ ’ਤੇ ਮੁਆਫ਼ੀ ਮੰਗੀ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly